ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਘਰ ਮਾਤਾ ਬੀਬੀ ਭਾਨੀ ਜੀ ਦੀ ਕੁੱਖੋਂ 19 ਵੈਸਾਖ, ਸੰਮਤ 1620 (15 ਅਪ੍ਰੈਲ, 1563 ਈ.) ਨੂੰ ਗੋਇੰਦਵਾਲ ਵਿਖੇ ਹੋਇਆ। ਬਚਪਨ ਦੇ ਮੁੱਢਲੇ 11 ਸਾਲ ਆਪ ਜੀ ਨੇ ਆਪਣੇ ਨਾਨਾ ਸ੍ਰੀ ਗੁਰੂ ਅਮਰਦਾਸ ਜੀ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਸ੍ਰੀ ਗੁਰੂ ਅਮਰਦਾਸ ਜੀ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।
ਫਿਰ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਨ 1577 ਵਿਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੇ ਥਾਂ ਇਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤ ਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ, ਉਸ ਵੇਲੇ ਆਪ ਜੀ ਦੀ ਉਮਰ 16 ਸਾਲ ਦੀ ਸੀ। ਮਾਤਾ ਗੰਗਾ ਜੀ ਦੀ ਕੁੱਖੋਂ 21 ਹਾੜ ਸੰਮਤ 1652 (19 ਜੂਨ 1595) ਨੂੰ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਧਰ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਨਿੱਕੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਧਰਮ ਪ੍ਰਤੀ ਲਗਨ, ਪਿਆਰ, ਸਤਿਕਾਰ, ਸੁਭਾਅ ਵਿਚ ਨਿਮਰਤਾ ਆਦਿ ਦੇ ਗੁਣਾਂ ਨੂੰ ਦੇਖਦੇ ਹੋਏ 1 ਸਤੰਬਰ 1581 ਨੂੰ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਬਾਬਾ ਬੁੱਢਾ ਸਾਹਿਬ ਜੀ ਹੱਥੋਂ ਗੁਰਿਆਈ ਦਾ ਤਿਲਕ ਬਖਸ਼ਿਸ਼ ਕੀਤਾ ਅਤੇ ਆਪ ਚੌਥੇ ਗੁਰੂ ਉਸੇ ਦਿਨ ਹੀ ਜੋਤੀ ਜੋਤਿ ਸਮਾ ਗਏ। ਉਸ ਵਕਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ। ਦਸਤਾਰਬੰਦੀ ਦੀ ਰਸਮ ਤੋਂ ਬਾਅਦ ਆਪ ਜੀ ਅਕਤੂਬਰ ਮਹੀਨੇ ਸ੍ਰੀ ਅੰਮ੍ਰਿਤਸਰ ਆ ਗਏ।
ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈ. ਵਿਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚਖੰਡ ਹੈ?
1590 ਤਕ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿਚ ਰੁੱਝੇ ਰਹੇ ਅਤੇ ਇਸੇ ਹੀ ਸਾਲ ਗੁਰੂ ਸਾਹਿਬ ਨੇ 15 ਅਪ੍ਰੈਲ 1590 ਈ. ਬਾਬਾ ਬੁੱਢਾ ਜੀ ਦੇ ਅਰਦਾਸਾ ਸੋਧਣ ਉਪਰੰਤ ਤਰਨ ਤਾਰਨ ਸਰੋਵਰ ਦੀ ਨੀਂਹ ਰੱਖੀ, ਕਿਉਂਕਿ ਸਿੱਖੀ ਦੇ ਅਸੂਲ ਹਨ, ਆਪ ਤਰਨਾ ਅਤੇ ਦੂਜਿਆਂ ਨੂੰ ਤਾਰਨਾ ਅਤੇ ਗੁਰੂ ਸਾਹਿਬ ਦਾ ਮਨੋਰਥ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਪ੍ਰਚਾਰਨਾ ਸੀ ਅਤੇ ਖਾਸ ਕਰਕੇ ਇਸ ਇਲਾਕੇ ਦੇ ਹਾਕਮ ਨੂਰਦੀਨ ਅਤੇ ਉਸ ਦੇ ਪੁੱਤਰ ਅਮੀਰ ਦੀਨ ਅਤੇ ਸਖੀ ਸਰਵਰਾਂ ਦੇ ਵਧ ਰਹੇ ਮੁਸਲਮਾਨੀ ਪ੍ਰਭਾਵ ਨੂੰ ਰੋਕਣਾ ਸੀ, ਇਸ ਲਈ ਆਪ ਜੀ ਖੁਦ ਪ੍ਰਚਾਰ ਹਿੱਤ ਖਡੂਰ ਸਾਹਿਬ ਅਤੇ ਹੋਰ ਇਲਾਕਿਆਂ ਵਿਚ ਗਏ। ਤਰਨ ਤਾਰਨ ਵਿਚ ਕੋਹੜੀ ਘਰ ਬਣਵਾਉਣ ਉਪਰੰਤ ਸਰੋਵਰ ਦੇ ਪਾਣੀ ਨੂੰ ਅੰਮ੍ਰਿਤ ਰੂਪ ਵਿਚ ਬਦਲ ਕੇ ਕੋਹੜਿਆਂ ਦਾ ਕੋਹੜ ਹਮੇਸ਼ਾ ਲਈ ਖਤਮ ਕੀਤਾ।
1593 ਵਿਚ ਆਪ ਜੀ ਨੇ ਜਲੰਧਰ ਕੋਲ (ਦੁਆਬੇ ਵਿਚ) ਧਰਮ ਪ੍ਰਚਾਰ ਕੇਂਦਰ ਹਿਤ ਕਰਤਾਰਪੁਰ ਵਸਾਇਆ ਅਤੇ ਮਾਤਾ ਗੰਗਾ ਜੀ ਦੇ ਨਾਮ ’ਤੇ ਖੂਹ ਲਗਵਾਇਆ। 1594 ਈ. ਨੂੰ ਆਪ ਜੀ ਨੇ ਗੁਰੂ ਕੀ ਵਡਾਲੀ ਨੂੰ ਧਰਮ ਪ੍ਰਚਾਰ ਹਿਤ ਪੱਕਾ ਟਿਕਾਣਾ ਬਣਾਇਆ, ਇਥੇ ਹੀ ਛੇਵੇਂ ਗੁਰੂ ਸਾਹਿਬ ਦਾ ਜਨਮ ਹੋਇਆ। ਇਨ੍ਹਾਂ ਹੀ ਸਾਲਾਂ ਵਿਚ ਸੋਕਾ ਪੈ ਜਾਣ ਕਾਰਨ ਜਨਤਾ ਦੀ ਲੋੜ ਨੂੰ ਮੁੱਖ ਰੱਖ ਕੇ ਆਪ ਜੀ ਨੇ ਦੋ-ਹਰਟੇ, ਚਾਰ-ਹਰਟੇ ਖੂਹ ਲਗਵਾਏ। ਗੁਰੂ ਕੀ ਵਡਾਲੀ ਦੇ ਪੱਛਮ ਵੱਲ ਛੇ-ਹਰਟਾ ਖੂਹ (ਜਿੱਥੇ ਗੁਰਦੁਆਰਾ ਛੇਹਰਟਾ ਸਾਹਿਬ ਹੈ) ਲਗਵਾਇਆ। ਲਾਹੌਰ ਵਿਚ ਭੁੱਖਮਰੀ ਅਤੇ ਕਾਲ ਪੈ ਜਾਣ ਕਾਰਨ ਸੰਨ 1597 ਵਿਚ ਗੁਰੂ ਜੀ ਨੇ ਲਹੌਰ ਪੁੱਜ ਕੇ ਚੂਨਾ ਮੰਡੀ ਵਿਖੇ ਨਿਥਾਵਿਆਂ ਨੂੰ ਥਾਂ ਦੇਣ ਲਈ ਇਮਾਰਤ ਅਤੇ ਪਾਣੀ ਦੀ ਜ਼ਰੂਰਤ ਲਈ ਡੱਬੀ ਬਜ਼ਾਰ ਵਿਚ ਬਾਉਲੀ ਬਣਵਾਈ। ਸੰਨ 1599 ਈ. ਵਿਚ ਲੋਕਾਂ ਨੂੰ ਵਹਿਮਾਂ-ਭਰਮਾਂ ’ਚੋਂ ਕੱਢਣ ਲਈ ਧਰਮ ਪ੍ਰਚਾਰ ਹਿਤ ਆਪ ਜੀ, ਡੇਰਾ ਬਾਬਾ ਨਾਨਕ, ਕਰਤਾਰਪੁਰ (ਰਾਵੀ ਵਾਲੇ) ਕਲਾਨੌਰ ਦੇ ਪ੍ਰਚਾਰ ਦੌਰੇ ਤੋਂ ਬਾਰਠ ਵਿਖੇ ਬਾਬਾ ਸ੍ਰੀ ਚੰਦ ਜੀ ਨੂੰ ਮਿਲੇ। ਇਕ ਸਾਲ ਦੇ ਪ੍ਰਚਾਰ ਦੌਰੇ ਤੋਂ ਬਾਅਦ ਆਪ ਜੀ ਅੰਮ੍ਰਿਤਸਰ ਪਹੁੰਚੇ।
ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸ਼ਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿਚ ਪੰਜ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਭਾਈ ਬੰਨੋ ਜੀ ਨੇ ਜਿਲਦ ਸਾਜ ਕੀਤੀ ਅਤੇ 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ, ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ’ਤੇ ਪਹਿਲਾ ਹੁਕਮਨਾਮਾ ਲਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ। ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿਚ ਉਬਲਦੇ ਪਾਣੀ ਦੀ ਦੇਗ ਵਿਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰੇ ਭਾਣੇ ਵਿਚ ਅੰਮ੍ਰਿਤ ਵਸੇ’ ਦੀ ਧੁਨੀ ਜਾਰੀ ਰੱਖੀ ਅੰਤ 30 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿਚ ਹੈ-
ਉਮਦਤ ਤਵਾਰੀਕ ਦਾ ਲਿਖਾਰੀ ਲਿਖਦਾ ਹੈ ਕਿ ਸ਼ਹਾਦਤ ਨੂੰ ਲਿਖਣ ਲੱਗਿਆਂ ਕਲਮ ਲਹੂ ਦੇ ਹੰਝੂ ਕੇਰਦੀ ਹੈ, ਅੱਖਾਂ ਰੋਂਦੀਆਂ ਹਨ, ਦਿਲ ਪਾਟਦਾ ਹੈ ਅਤੇ ਜਾਨ ਹੈਰਾਨ ਹੁੰਦੀ ਹੈ