ਧਨਾਸਰੀ ਮਹਲਾ ੫ ॥
ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥ {ਪੰਨਾ 682}
ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ। ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ।੧।ਰਹਾਉ।
ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ। ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ। (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ।੧।
ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕ੍ਰੋੜਾਂ ਸੁਖਾਂ ਦਾ ਟਿਕਾਣਾ ਹਨ। ਹੇ ਨਾਨਕ! ਆਖ-ਹੇ ਭਾਈ!) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ।੨।੧੭।੪੮।
ਅੱਜ ਜੇਠਿ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਹੈ।
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ {ਪੰਨਾ 134}
ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।